ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਮਗਰੋਂ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪਹੁੰਚੇ ਸਨ। ਇਸ ਉਪਰੰਤ ਮੁਤਵਾਜ਼ੀ ਜਥੇਦਾਰ ਮੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਥਾਪੇ ਜਥੇਦਾਰ ਸਾਹਿਬ ਨੂੰ ਪੰਥਕ ਏਕਤਾ ਦਾ ਮੁੱਢ ਬੰਨ੍ਹਣ ਲਈ ਚਿੱਠੀ ਲਿਖੀ ਸੀ, ਜਿਸ ਦੀ ਕਾਪੀ ਵੀ ਸਿੰਘਾਂ ਰਾਹੀਂ ਦਸਤੀ ਭੇਜੀ ਗਈ ਸੀ ਅਤੇ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਿਲ-ਬੈਠਣ ਲਈ 29 ਜੁਲਾਈ ਤੱਕ ਦਾ ਸਮਾਂ ਰੱਖਿਆ ਸੀ। ਜਥੇਦਾਰ ਮੰਡ ਨੇ ਕਿਹਾ ਕਿ ਉਨ੍ਹਾਂ ਨੇ ਮਿੱਥੇ ਸਮੇਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੀ ਉਡੀਕ ਕੀਤੀ ਪਰ ਸ਼ਾਇਦ ਪੰਥਕ ਜਾਂ ਕਿਸੇ ਨਿੱਜੀ ਰੁਝੇਵਿਆਂ ਕਰਕੇ ਉਹ ਸਮਾਂ ਨਹੀਂ ਕੱਢ ਸਕੇ।