ਅੰਮ੍ਰਿਤਸਰ – ਇਕ ਪਾਸੇ ਜਿੱਥੇ ਪ੍ਰਸ਼ਾਸਨ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਿੰਡ-ਪਿੰਡ ਜਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਲੈ ਕੇ ਪੁਲਸ ਦੀਆਂ ਟੀਮਾਂ ਤੱਕ ਕੰਮ ਕਰ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਦੀਵਾਲੀ ਮੌਕੇ ਪਟਾਕੇ ਚੱਲਣ ਤੋਂ ਪਹਿਲਾਂ ਹੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਏ. ਕਿਊ. ਆਈ. (ਏਅਰ ਕੁਆਲਿਟੀ ਇੰਡੈਕਸ) 236 ਤੱਕ ਪਹੁੰਚ ਗਿਆ ਹੈ, ਜਿਸ ਨੂੰ ਕਾਫੀ ਖ਼ਤਰਨਾਕ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਅੱਖਾਂ ਅਤੇ ਸਾਹ ਦੀਆਂ ਵੱਖ-ਵੱਖ ਬੀਮਾਰੀਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਏ. ਕਿਊ. ਆਈ. ਤੋਂ ਜ਼ਿਆਦਾ ਹੋਣ ਕਾਰਨ ਇਸ ਦੇ ਲੱਛਣ ਦਿਖਾਈ ਦੇਣ ਲੱਗ ਪਏ ਹਨ ਅਤੇ ਲੋਕਾਂ ਨੂੰ ਸਾਹ ਲੈਣ ਵਿਚ ਤਕਲੀਫ, ਅੱਖਾਂ ਵਿਚ ਜਲਨ ਆਦਿ ਹੋਣ ਲੱਗ ਪਏ ਹਨ। ਅਸਥਮਾ ਦੇ ਮਰੀਜ਼ਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਹੈ।
ਦੂਜੇ ਪਾਸੇ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਐੱਨ. ਓ. ਸੀ. ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਇਲਾਕੇ ਵਿਚ ਪਟਾਕਿਆਂ ਦੇ 10 ਖੋਖੇ ਵੀ ਸਜਾਏ ਗਏ ਹਨ ਪਰ ਅਜੇ ਤੱਕ ਉਨ੍ਹਾਂ ’ਤੇ ਰੌਣਕ ਨਜ਼ਰ ਨਹੀਂ ਆ ਰਹੀ ਹੈ। ਮਹਿੰਗਾਈ ਕਾਰਨ ਪਟਾਕਿਆਂ ਦੀਆਂ ਕੀਮਤਾਂ ਵਿਚ ਵੀ 20 ਤੋਂ 25 ਫ਼ੀਸਦੀ ਤੱਕ ਦਾ ਵਾਧਾ ਹੋਇਆ ਹੈ, ਇਸ ਦੇ ਨਾਲ ਹੀ ਸਰਕਾਰ ਨੇ ਸਿਰਫ਼ ਗ੍ਰੀਨ ਪਟਾਕਿਆਂ ਨੂੰ ਹੀ ਵੇਚਣ ਅਤੇ ਚਲਾਉਣ ਦੇ ਹੁਕਮ ਦਿੱਤੇ ਹਨ ਅਤੇ ਹਰੇ ਪਟਾਕਿਆਂ ਦੀ ਕੀਮਤ ਆਮ ਪਟਾਕਿਆਂ ਨਾਲੋਂ ਕਿਤੇ ਜ਼ਿਆਦਾ ਹੁੰਦੀ ਹੈ, ਕਿਉਂਕਿ ਇਸ ਵਿਚ ਚੰਗੀ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾਂਦੀ ਹੈ।