ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਸਰਕਾਰ ਵਿਚਾਲੇ ਇਕ ਵਾਰ ਫਿਰ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਤਕਰਾਰ ਹੋ ਗਈ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ 20 ਅਤੇ 21 ਅਕਤੂਬਰ ਨੂੰ ਬੁਲਾਏ ਗਏ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਇਸ ‘ਚ ਕੀਤੀ ਗਈ ਕੋਈ ਵੀ ਕਾਰਵਾਈ ਗੈਰ-ਕਾਨੂੰਨੀ ਹੋਵੇਗੀ। ਦੱਸਣਯੋਗ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ‘ਤੇ ਹਨ।
ਉਨ੍ਹਾਂ ਦੀ ਮਨਜ਼ੂਰੀ ਨਾਲ ਅੰਡਰ ਸੈਕਟਰੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਲਿਖੇ ਪੱਤਰ ‘ਚ ਕਿਹਾ ਗਿਆ ਹੈ ਕਿ ਜੂਨ ਮਹੀਨੇ ‘ਚ ਬੁਲਾਏ ਗਏ ਇਜਲਾਸ ਬਾਰੇ ਰਾਜਪਾਲ ਨੇ 24 ਜੁਲਾਈ ਨੂੰ ਕਾਨੂੰਨੀ ਸਲਾਹ ਲੈ ਕੇ ਤੁਹਾਨੂੰ ਲਿਖਿਆ ਸੀ ਕਿ 16ਵੀਂ ਵਿਧਾਨ ਸਭਾ ਦੇ ਚੌਥੇ ਇਜਲਾਸ ਦੀ ਬੈਠਕ ਗੈਰ ਕਾਨੂੰਨੀ ਹੈ ਅਤੇ ਇਹ ਪੰਰਪਰਾਵਾਂ ਸੰਵਿਧਾਨ ‘ਚ ਦਿੱਤੀਆਂ ਵਿਵਸਥਾਵਾਂ ਦੇ ਖ਼ਿਲਾਫ਼ ਹਨ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਇਜਲਾਸ ਬੁਲਾਉਣ ਸਬੰਧੀ ਤੁਹਾਡੇ ਵੱਲੋਂ ਭੇਜੇ ਪੱਤਰ ‘ਚ ਕਿਹਾ ਗਿਆ ਸੀ ਕਿ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਇਹ ਉਸੇ ਵਧੇ ਹੋਏ ਇਜਲਾਸ ਦੀ ਅਗਲੀ ਮੀਟਿੰਗ ਹੈ।