ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਪੰਜਾਬ ਪੁਲਸ ਦੀ ਸਖ਼ਤੀ, DGP ਬੋਲੇ-ਬੁਰਾਈ ਨੂੰ ਪੁੱਟਾਂਗੇ ਜੜ੍ਹੋਂ

Share on Social Media

ਜਲੰਧਰ/ਚੰਡੀਗੜ੍ਹ -ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਸਰਕਾਰ ਅਤੇ ਸੂਬਾ ਪੁਲਸ ਮਿਲ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰੇਗੀ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਡੀ. ਜੀ. ਪੀ. ਗੌਰਵ ਯਾਦਵ ਨੇ ਲੁਧਿਆਣਾ ਦੀ ਸਾਈਕਲ ਰੈਲੀ ਦੀ ਸਫ਼ਲਤਾ ਤੋਂ ਬਾਅਦ ਟਵੀਟ ਕਰਦਿਆਂ ਕਿਹਾ ਕਿ ਸਮੁੱਚੀ ਪੰਜਾਬ ਪੁਲਸ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਧੰਨਵਾਦੀ ਹੈ, ਜਿਨ੍ਹਾਂ ਨੇ ਲੁਧਿਆਣਾ ਵਿਖੇ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਵੱਡੇ ਪੱਧਰ ’ਤੇ ਨਸ਼ਿਆਂ ਵਿਰੁੱਧ ਬਿਗੁਲ ਵਜਾਇਆ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਅਤੇ ਪੁਲਸ ਦਾ ਮਨੋਬਲ ਬਹੁਤ ਉੱਚਾ ਹੈ ਅਤੇ ਉਹ ਮਿਲ ਕੇ ਇਸ ਬੁਰਾਈ ਨੂੰ ਜੜ੍ਹੋਂ ਪੁੱਟਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਪਿਛਲੇ ਡੇਢ ਸਾਲ ਦੌਰਾਨ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵੱਡੇ ਮਗਰਮੱਛਾਂ ਦਾ ਸਫਾਇਆ ਕਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵੱਡੀਆਂ ਅਤੇ ਛੋਟੀਆਂ ਮੱਛੀਆਂ ਦਾ ਸਫਾਇਆ ਕਰ ਦਿੱਤਾ ਜਾਵੇਗਾ।