ਸੁਲਤਾਨਪੁਰ ਲੋਧੀ : ਢਿੱਲੋਂ ਬ੍ਰਦਰਜ਼ ਸੋਸਾਇਡ ਮਾਮਲੇ ’ਚ ਪੁਲਸ ਕਮਿਸ਼ਨਰ ਜਲੰਧਰ ਕੁਲਦੀਪ ਸਿੰਘ ਚਾਹਲ ਨੇ ਭਾਵੇਂ ਹੀ 6 ਸਤੰਬਰ ਨੂੰ ਜਲੰਧਰ ਦੇ ਥਾਣਾ ਨੰ. 1 ਦੇ ਐੱਸ. ਐੱਚ. ਓ. ਨਵਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਪਰ ਅਜੇ ਵੀ ਮੁਲਜ਼ਮ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ, ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ ਪੁਲਸ ਦੀ ਪਕੜ ਤੋਂ ਦੂਰ ਹਨ। ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ’ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 16 ਅਗਸਤ ਨੂੰ ਪਤੀ-ਪਤਨੀ ਦੇ ਘਰੇਲੂ ਝਗੜੇ ਨੂੰ ਹੱਲ ਕਰਨ ਲਈ ਦੋਵੇਂ ਧਿਰਾਂ ਜਲੰਧਰ ਦੇ ਥਾਣਾ ਨੰ. 1 ’ਚ ਇਕੱਠੀਆਂ ਹੋਈਆਂ ਸਨ। ਇਸ ਦੌਰਾਨ ਥਾਣੇ ’ਚ ਲੜਕੀ ਧਿਰ ਵੱਲੋਂ ਆਏ ਇਕ ਵਿਅਕਤੀ ਮਾਨਵਜੀਤ ਸਿੰਘ ਢਿੱਲੋਂ ’ਤੇ ਪੁਲਸ ਨੇ 107/51 ਦਾ ਕੇਸ ਦਰਜ ਕਰ ਦਿੱਤਾ। ਮਾਨਵਜੀਤ ਸਿੰਘ ਢਿੱਲੋਂ ਨੂੰ ਕਥਿਤ ਤੌਰ ’ਤੇ ਐੱਸ. ਐੱਚ. ਓ. ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ ਨੇ ਕਾਫੀ ਜ਼ਲੀਲ ਕੀਤਾ ਤੇ ਕੁੱਟਮਾਰ ਕਰਦੇ ਹੋਏ ਉਸ ਦੀ ਪੱਗ ਵੀ ਉਤਾਰ ਦਿੱਤੀ ਸੀ।