80-90 ਦੇ ਦਹਾਕੇ ਦੇ ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ ਅੱਜ ਸਵੇਰੇ 7.30 ਵਜੇ ਡੀ. ਐੱਮ. ਸੀ. ਹਸਪਤਾਲ ਵਿਖੇ ਆਖ਼ਰੀ ਸਾਹ ਲਏ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਇਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਆਪਰੇਸ਼ਨ ਕੀਤਾ ਗਿਆ।
ਇਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮੌਤ ਦੀ ਅਫ਼ਵਾਹ ਵੀ ਫੈਲੀ ਸੀ ਪਰ ਉਨ੍ਹਾਂ ਦੇ ਪੁੱਤਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਇਨ੍ਹਾਂ ਅਫ਼ਵਾਹਾਂ ਦਾ ਖੰਡਨ ਕੀਤਾ ਸੀ। ਦੱਸਣਯੋਗ ਹੈ ਕਿ ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ, ਉਨ੍ਹਾਂ ਦਾ ਜਨਮ 20 ਮਈ, 1953 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ ‘ਚ ਹੋਇਆ ਸੀ।
ਸੁਰਿੰਦਰ ਛਿੰਦਾ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ ‘ਚ ਹੋਇਆ ਸੀ। ਪੰਜਾਬੀ ਸੰਗੀਤ ਜਗਤ ‘ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ ‘ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 ‘ਚ ‘ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ’ ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਦੇ ਦਿਹਾਂਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ ਫੈਲ ਗਈ ਹੈ।