ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜ਼ੀ ਦਾ ਬੋਝ ਘਟੇਗਾ ਅਤੇ ਸਬੰਧਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ) ਦੀ ਪਾਲਣਾ ਯੋਗ ਬਣਾਇਆ ਜਾ ਸਕੇਗਾ। ਇੱਥੇ ਜਾਰੀ ਪ੍ਰੈਸ ਬਿਆਨ ਵਿਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਦੇ ਟੈਕਸ, ਵਿਆਜ ਅਤੇ ਜੁਰਮਾਨੇ ਦੀ ਕੁੱਲ ਬਕਾਇਆ ਰਕਮ 6086.25 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ 39,787 ਟੈਕਸਦਾਤਿਆਂ ਨੂੰ ਲਾਭ ਪਹੁੰਚਾਉਣ ਲਈ ਜਿਨ੍ਹਾਂ ਵੱਲ ਕੁੱਲ ਕਰ ਬਕਾਇਆ 1 ਲੱਖ ਰੁਪਏ ਤੋਂ ਘੱਟ ਸੀ, 528.38 ਕਰੋੜ ਰੁਪਏ ਦੇ ਬਕਾਏ ਦੀ ਪੂਰੀ ਮੁਆਫੀ ਦਾ ਪ੍ਰਸਤਾਵ ਹੈ।