ਮੋਹਾਲੀ/ਹੁਸ਼ਿਆਰਪੁਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਰਵਾਈਆਂ ਜਾਣ ਵਾਲੀਆਂ ਚੋਣਾਂ ਸਬੰਧੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ 29 ਫਰਵਰੀ 2024 ਤਕ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਕਮਿਸ਼ਨਰ ਗੁਰਦੁਆਰਾ ਦੇ ਚੋਣ ਅਫ਼ਸਰ ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਸ ਸਬੰਧੀ ਕਮਿਸ਼ਨਰ ਗੁਰਦੁਆਰਾ ਚੋਣਾਂ ਵਲੋਂ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ 15 ਨਵੰਬਰ ਨਿਰਧਾਰਤ ਕੀਤੀ ਗਈ ਹੈ। ਇਸ ਦੌਰਾਨ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਹੋਰ ਸੰਸਥਾਵਾਂ, ਪਾਰਟੀਆਂ ਨੇ ਚੋਣਾਂ ਕਰਾਉਣ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਦੇ ਸਮੇਂ ਵਿਚ ਵਾਧਾ ਕਰਨ ਦੀ ਮੰਗ ਕੀਤੀ ਹੈ, ਜਿਸ ’ਤੇ ਵਿਚਾਰ ਕਰਨ ਤੋਂ ਬਾਅਦ ਕਮਿਸ਼ਨ ਵਲੋਂ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 1 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਉਸੇ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਲਈ ਚੋਣ ਹਲਕੇ ਅਨੁਸਾਰ ਨਿਯੁਕਤ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ।