ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਕੀਤੀ ਗਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸ਼ਮੂਲੀਅਤ ਕੀਤੀ। ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਮ ਕਮੇਟੀ ਨੇ ਮੀਟਿੰਗ ਕਰਕੇ ਫ਼ੈਸਲਾ ਲਿਆ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 2 ਦਸੰਬਰ ਨੂੰ ਅਹਿਮ ਮੀਟਿੰਗ ਸੱਦੀ ਜਾਵੇਗੀ, ਜਿਸ ’ਚ ਵੱਖ-ਵੱਖ ਪੰਥਕ ਧਿਰਾਂ ਤੇ ਰਾਜਨੀਤਿਕ ਧਿਰਾਂ ਦੇ ਆਗੂ ਪਹੁੰਚਣਗੇ ਅਤੇ ਇਹ ਮੀਟਿੰਗ ਸ਼ਾਮ 6 ਵਜੇ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਅੱਜ ਵੱਖ-ਵੱਖ ਪੰਥਕ ਧਿਰਾਂ ਦੇ ਆਗੂ ਤੇ ਰਾਜਨੀਤਿਕ ਆਗੂ ਐੱਸ. ਜੀ. ਪੀ. ਸੀ. ਦਫਤਰ ਪਹੁੰਚੇ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਐੱਸ. ਜੀ. ਪੀ. ਸੀ. ਵੱਲੋਂ ਕੀਤੀ ਜਾ ਰਹੀ ਇਸ ਮੀਟਿੰਗ ਵਿਚ ਪਹੁੰਚੇ। ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਹਿਮ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 28 ਤੋਂ 30 ਸਾਲ ਬੀਤ ਜਾਣ ਦੇ ਬਾਵਜੂਦ ਬੰਦੀ ਸਿੰਘ ਜੇਲਾਂ ਵਿਚ ਕੈਦ ਹਨ ਅਤੇ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਹ ਜੇਲਾਂ ਵਿਚ ਬੰਦ ਹਨ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਲਈ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਤੇ ਐੱਸ. ਜੀ. ਪੀ. ਸੀ. ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਆਪਣੇ ਤੌਰ ’ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੇ ਪੱਤਰ ਸਬੰਧੀ ਪੰਥਕ ਨੁਮਾਇੰਦਿਆਂ ਨੇ ਆਪਣੇ ਸੁਝਾਅ ਦਿੱਤੇ ਹਨ ਜੋ ਭਲਕੇ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਵਿੱਚ ਪੇਸ਼ ਕੀਤੇ ਜਾਣਗੇ। ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।