ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਭੇਜੇ ਗਏ ਪੱਤਰ ਦਾ ਜਵਾਬ ਭੇਜ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਭੇਜੇ ਗਏ ਪੱਤਰ ਵਿਚ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਪਟਿਆਲਾ ਵਿਚ ਕਿਹਾ ਸੀ ਕਿ ਉਹ ਰਾਜਪਾਲ ਨੂੰ ਪੱਤਰ ਲਿਖ ਕੇ ਕਰਜ਼ੇ ਦਾ ਪੂਰਾ ਹਿਸਾਬ ਦੇਣਗੇ। ਮੁੱਖ ਮੰਤਰੀ ਨੇ ਰਾਜਪਾਲ ਨੂੰ ਆਰ. ਡੀ. ਐੱਫ. ਦੇ ਬਕਾਏ ਲਈ ਕੇਂਦਰ ਕੋਲ ਪੈਰਵੀ ਕਰਨ ਲਈ ਆਖਿਆ ਸੀ। ਜਿਸ ਦੇ ਜਵਾਬ ਵਿਚ ਰਾਜਪਾਲ ਨੇ ਸਭ ਤੋਂ ਪਹਿਲਾਂ ਕਰਜ਼ੇ ਦਾ ਹਿਸਾਬ ਮੰਗਿਆ ਸੀ।ਸੂਤਰਾਂ ਮੁਤਾਬਕ ਇਸ ਪੱਤਰ ਵਿਚ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ 50 ਹਜ਼ਾਰ ਕਰੋੜ ਨਹੀਂ ਸਗੋਂ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਕਰਜ਼ਿਆਂ ਦਾ 27 ਹਜ਼ਾਰ ਕਰੋੜ ਰੁਪਏ ਦਾ ਵਿਆਜ਼ ਅਦਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਸੂਬੇ ਦੇ ਵਿਕਾਸ ਲਈ ਨਵਾਂ ਕਰਜ਼ਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਸ ਵਿਚ ਬਿਜਲੀ ਸਬਸਿਡੀ ਅਤੇ ਸਰਕਾਰੀ ਸਕੀਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਵਿਚ ਜੀ. ਐੱਸ. ਟੀ. ਆਦਿ ਦੇ ਬਕਾਏ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।