ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦੇਣ ਲਈ ਕਈ ਕੈਬਨਿਟ ਮੰਤਰੀ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਸ਼ੁੱਭਕਾਮਨਾਵਾਂ ਦੇਣ ਲਈ ਪੁੱਜੇ ਮੰਤਰੀਆਂ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਸ਼ਾਮਲ ਸਨ। ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਬਲਕਾਰ ਸਿੰਘ ਨੇ ਮੁੱਖ ਮੰਤਰੀ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਛੇਤੀ ਹੀ ਰੰਗਲਾ ਪੰਜਾਬ ਬਣੇਗਾ।
ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਸ਼ਹਿਰਾਂ ’ਚ ਵਿਕਾਸ ਕਾਰਜਾਂ ਨੂੰ ਉਤਸ਼ਾਹ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ ਅਤੇ ਉਨ੍ਹਾਂ ਕਿਹਾ ਹੈ ਕਿ ਪੰਜਾਬ ’ਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੁਣ ਤੱਕ ਬਣੀਆਂ ਸਰਕਾਰਾਂ ਨੇ ਵਿਕਾਸ ਕਾਰਜਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਚਲਾਈ ਗਈ ਲਹਿਰ ਦਾ ਕਾਫੀ ਅਸਰ ਹੋਇਆ ਹੈ ਅਤੇ ਲੋਕਾਂ ਨੇ ਇਸ ਦਾ ਸਵਾਗਤ ਕੀਤਾ ਹੈ ਕਿਉਂਕਿ ਉਹ ਭ੍ਰਿਸ਼ਟਾਚਾਰ ਤੋਂ ਬਹੁਤ ਤੰਗ ਆ ਚੁੱਕੇ ਸਨ।