ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ’ਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਦੀ ਕੈਦ ’ਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ’ਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ’ਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗਲ ਕੈਦ ’ਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਣ ਪੇਸ਼ ਕੀਤੀ।
ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ’ਚ ਜੀਵਨ ਜਿਊਣ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਅਸੀਂ ਆਪਣਾ ਚੌਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਗੁਰਬਾਣੀ ਜਾਪ ਦੁਆਰਾ ਆਪਣਾ ਮਨ ਵੀ ਰੌਸ਼ਨ ਕਰਨਾ ਹੈ।