ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ, ਜੋਕਿ 30 ਸਤੰਬਰ ਤੱਕ ਜਾਰੀ ਰਹੇਗਾ। ਦੇਸ਼ਾਂ-ਵਿਦੇਸ਼ਾਂ ਤੋਂ ਸੰਗਤ ਆਪਣੀਆਂ ਮੁਰਾਦਾਂ ਪੂਰੀਆਂ ਹੋਣ ‘ਤੇ ਇਥੇ ਮੱਥਾ ਟੇਕਣ ਲਈ ਆਉਂਦੀ ਹੈ। ਹੁਣ ਤੋਂ ਹੀ ਸ਼ਰਧਾਲੂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪੁੱਜਣੇ ਸ਼ੁਰੂ ਹੋ ਗਏ ਹਨ।
ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਮੰਦਿਰ ਦੇ ਆਸ-ਪਾਸ 24 ਘੰਟੇ ਉਪਲੱਬਧ ਰਹਿਣਗੀਆਂ। ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਮੌਕੇ ਰੂਰਲ ਮੈਡੀਕਲ ਆਫਿਸਰਜ਼ ਅਤੇ ਸਬੰਧਤ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਇਹ ਟੀਮਾਂ 24 ਘੰਟੇ ਮੇਲੇ ਵਿਚ ਆਉਣ ਵਾਲੇ ਸ਼ਰਧਾਲੂਆਂ ਲਈ ਮੰਦਿਰ ਦੇ ਵਿਹੜੇ ਅਤੇ ਉਸ ਦੇ ਆਸ-ਪਾਸ 1 ਅਕਤੂਬਰ ਤਕ ਤਾਇਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਡਿਊਟੀ ’ਤੇ ਤਾਇਨਾਤ ਹੋਣ ਵਾਲੇ ਰੂਰਲ ਮੈਡੀਕਲ ਆਫਿਸਰਜ਼ ਨੂੰ ਇਹ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਮੇਲੇ ਦੌਰਾਨ ਕਿਸੇ ਨੂੰ ਸਿਹਤ ਸਬੰਧੀ ਕੋਈ ਗੰਭੀਰ ਸਮੱਸਿਆ ਪੇਸ਼ ਆਵੇ ਤਾਂ ਉਸ ਨੂੰ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ’ਚ ਇਲਾਜ ਲਈ ਪਹੁੰਚਾਇਆ ਜਾਵੇ।