ਚੰਡੀਗੜ੍ਹ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂਕਿ ਵਿਧਾਨ ਸਭਾ ਸੈਸ਼ਨ ਬੁਲਾਉਣ ਅਤੇ ਬਿੱਲਾਂ ਨੂੰ ਪਾਸ ਕਰਵਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਸਮਝੌਤੇ ਸਬੰਧੀ ਗੱਲਬਾਤ ਚੱਲ ਰਹੀ ਹੈ। ਸੂਬਾ ਸਰਕਾਰ ਨੇ ਸਿਖਰਲੀ ਅਦਾਲਤ ਵਿਚ ਸ਼ਨੀਵਾਰ ਨੂੰ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ ਅਤੇ ਇਸ ਕੇਸ ’ਤੇ ਸੋਮਵਾਰ ਨੂੰ ਸੁਣਵਾਈ ਹੋਣ ਦੀ ਉਮੀਦ ਹੈ। ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੇ ਦੋ ਸਾਲਾਂ ਦੇ ਸ਼ਾਸਨ ਦੌਰਾਨ ਰਾਜਪਾਲ ਖ਼ਿਲਾਫ਼ ਦੂਜੀ ਵਾਰ ਸੁਪਰੀਮ ਕੋਰਟ ਪਹੁੰਚੀ ਹੈ।