ਸੁਲਤਾਨਪੁਰ ਲੋਧੀ -ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦੇ 554ਵੇਂ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੁੱਖ ਦਰਬਾਰ ਸਾਹਿਬ ਵਿਖੇ ਅੱਜ ਅੱਧੀ ਰਾਤ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਬੜੀ ਸ਼ਰਧਾ ਭਾਵਨਾ ਨਾਲ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 27 ਨਵੰਬਰ ਦੀ ਅੱਧੀ ਰਾਤ ਨੂੰ 1.30 ਵਜੇ ਪਾਏ ਜਾਣਗੇ। ਇਸ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਦੂਰ ਦੁਰਾਡੇ, ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਪੁੱਜੀਆਂ।
ਇਸ ਤੋਂ ਪਹਿਲਾਂ ਪੂਰਾ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ਹੱਟ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਚ ਸੰਗਤਾਂ ਦੀ ਭਾਰੀ ਰੌਣਕ ਰਹੀ । ਇਸ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ 26 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਵੇਰੇ 11 ਵਜੇ ਦੇ ਕਰੀਬ ਆਰੰਭ ਹੋਵੇਗਾ। ਇਸ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਿਰਕਤ ਕਰਨਗੇ।